HomeBreaking Newsਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਤਸਵੀਰ

ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਤਸਵੀਰ

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਬੁਨਿਆਦੀ ਢਾਂਚੇ, ਰੁਜ਼ਗਾਰ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਪਿੰਡਾਂ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ‘ਤੇ ਲਿਆਉਣਾ ਅਤੇ ਸ਼ਹਿਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਸਹੂਲਤਾਂ ਦਾ ਵਿਸਥਾਰ ਕਰਨਾ ਹੈ।

ਪੇਂਡੂ ਖੇਤਰਾਂ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਖਾਲ਼ਾ ਬਣਾਉਣ ਲਈ ਲਿੰਕ ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 45 ਹਜ਼ਾਰ ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜਾਰੀ ਹੈ। ਚੰਗੀਆਂ ਸੜਕਾਂ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਣ ਵਿੱਚ ਸਹੂਲਤ ਮਿਲ ਰਹੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਹੋਰ ਲੋਕਾਂ ਲਈ ਰੋਜ਼ਾਨਾ ਸਫ਼ਰ ਕਰਨਾ ਆਸਾਨ ਹੋਇਆ ਹੈ।

ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ

ਪੇਂਡੂ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਖੇਤੀਬਾੜੀ ਹੈ। ਸਰਕਾਰ ਵੱਲੋਂ ਟੇਲਾਂ (ਆਖ਼ਰੀ ਖੇਤਾਂ) ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਮੱਸੀਆਂ ਅਤੇ ਖਾਲਾਂ ਦੀ ਮੁਰੰਮਤ ਕੀਤੀ ਗਈ ਹੈ, ਜਿਸ ਨਾਲ ਕਿਸਾਨਾਂ ਦੀ ਟਿਊਬਵੈੱਲਾਂ ਅਤੇ ਮਹਿੰਗੇ ਡੀਜ਼ਲ ‘ਤੇ ਨਿਰਭਰਤਾ ਘਟੀ ਹੈ। ਖੇਤਾਂ ਤੱਕ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।

ਪਿੰਡਾਂ ਵਿੱਚ ਡਿਜੀਟਲ ਲਾਇਬ੍ਰੇਰੀਆਂ ਨਾਲ ਸਿੱਖਿਆ ਨੂੰ ਹੁਲਾਰਾ

ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਦੇਣ ਵਾਸਤੇ ਡਿਜੀਟਲ ਲਾਇਬ੍ਰੇਰੀਆਂ ਸਥਾਪਿਤ ਕੀਤੀਆਂ ਗਈਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਰਾਹੀਂ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਜਾਣਕਾਰੀ ਹਾਸਲ ਕਰਨ ਦੇ ਨਵੇਂ ਮੌਕੇ ਮਿਲ ਰਹੇ ਹਨ। ਖ਼ਾਸ ਤੌਰ ‘ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਨੌਜਵਾਨਾਂ ਲਈ ਅਜਿਹੀਆਂ ਸਹੂਲਤਾਂ ਲਾਹੇਵੰਦ ਹਨ। ਪੇਂਡੂ ਖੇਤਰਾਂ ਵਿੱਚ ਸਿੱਖਿਆ ਦੀਆਂ ਸਹੂਲਤਾਂ ਵਧਾਉਣ ਨਾਲ ਬੱਚਿਆਂ ਨੂੰ ਆਪਣੇ ਹੀ ਇਲਾਕੇ ਵਿੱਚ ਰਹਿ ਕੇ ਪੜ੍ਹਨ ਦਾ ਮੌਕਾ ਮਿਲਦਾ ਹੈ। ਇਸ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੇ ਭਵਿੱਖ ਲਈ ਤਿਆਰੀ ਕਰਨ ਵਿੱਚ ਮਦਦ ਮਿਲਦੀ ਹੈ।

ਬਿਜਲੀ, ਪਾਣੀ ਅਤੇ ਸਫ਼ਾਈ ‘ਤੇ ਜ਼ੋਰ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬਿਜਲੀ ਦੀ ਸਪਲਾਈ, ਸਾਫ਼ ਪੀਣ ਵਾਲੇ ਪਾਣੀ ਅਤੇ ਸਫ਼ਾਈ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪਿੰਡਾਂ ਵਿੱਚ ਪਾਰਕਾਂ, ਸੀਸੀਟੀਵੀ ਕੈਮਰਿਆਂ, ਸੂਰਜੀ ਊਰਜਾ ਨਾਲ ਜੁੜੀਆਂ ਸਹੂਲਤਾਂ ਅਤੇ ਹੋਰ ਜਨਤਕ ਥਾਵਾਂ ਦੇ ਵਿਕਾਸ ‘ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ, ਜਿਮ ਅਤੇ ਸਟੇਡੀਅਮ ਵਰਗੀਆਂ ਸਹੂਲਤਾਂ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਨਾਲ ਜੋੜਨ ਵਿੱਚ ਮਦਦ ਰਹੀਆਂ ਹਨ। ਸੀਸੀਟੀਵੀ ਕੈਮਰਿਆਂ ਨਾਲ ਜਨਤਕ ਥਾਵਾਂ ‘ਤੇ ਨਿਗਰਾਨੀ ਰੱਖਣ ਵਿੱਚ ਵੀ ਸਹਾਇਤਾ ਮਿਲ ਰਹੀ ਹੈ।

ਪੰਚਾਇਤ ਘਰਾਂ ਅਤੇ ਛੱਪੜਾਂ ਦੀ ਸੰਭਾਲ

ਪਿੰਡਾਂ ਦੇ ਪ੍ਰਬੰਧ ਨੂੰ ਸੁਚਾਰੂ ਬਣਾਉਣ ਲਈ ਨਵੇਂ ਪੰਚਾਇਤ ਘਰ ਬਣਾਉਣ ਅਤੇ ਪੁਰਾਣੇ ਛੱਪੜਾਂ ਦੀ ਮੁਰੰਮਤ ਤੇ ਸਫ਼ਾਈ ਕਰਨ ਦੇ ਕੰਮ ਵੀ ਕੀਤੇ ਜਾ ਰਹੇ ਹਨ। ਛੱਪੜਾਂ ਦੀ ਸਫ਼ਾਈ ਅਤੇ ਸੰਭਾਲ ਵੀ ਪੇਂਡੂ ਵਿਕਾਸ ਦਾ ਅਹਿਮ ਹਿੱਸਾ ਹੈ। ਇਨ੍ਹਾਂ ਦੀ ਸਹੀ ਦੇਖਭਾਲ ਨਾਲ ਪਿੰਡਾਂ ਵਿੱਚ ਸਫ਼ਾਈ ਬਣਾਈ ਰੱਖਣ ਅਤੇ ਪਾਣੀ ਦੇ ਪ੍ਰਬੰਧ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments