ਸੂਬੇ ਦੇ ਤਿੰਨ ਧਾਰਮਿਕ ਮਹੱਤਵ ਵਾਲੇ ਸਥਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਹੈ। ਇਨ੍ਹਾਂ ਵਿੱਚ ਵਾਲਡ ਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸਥਿਤ ਸ੍ਰੀ ਦਮਦਮਾ ਸਾਹਿਬ ਸ਼ਾਮਲ ਹਨ। ਸਰਕਾਰ ਵੱਲੋਂ 15 ਦਸੰਬਰ 2025 ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫੈਸਲੇ ਦਾ ਮੁੱਖ ਮਕਸਦ ਇਨ੍ਹਾਂ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਣਾ, ਸਿੱਖ ਵਿਰਾਸਤ ਦੀ ਸੰਭਾਲ ਕਰਨਾ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਹੈ।
ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ, ਨਿਰਧਾਰਿਤ ਇਲਾਕਿਆਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਵਰਤੋਂ ‘ਤੇ ਪਾਬੰਦੀ ਲਗਾਈ ਗਈ ਹੈ। ਆਬਕਾਰੀ ਵਿਭਾਗ, ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਨਿਯਮ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਾਲਡ ਸਿਟੀ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਦੀਆਂ ਨਿਰਧਾਰਤ ਹੱਦਾਂ ਵਿੱਚ ਇਹ ਨਿਯਮ ਲਾਗੂ ਹਨ।
ਸਿੱਖ ਧਰਮ ਦੇ ਤਿੰਨ ਤਖ਼ਤਾਂ ਨਾਲ ਜੁੜੇ ਹਨ ਇਹ ਸਥਾਨ
ਇਨ੍ਹਾਂ ਤਿੰਨਾਂ ਸਥਾਨਾਂ ਦੀ ਸਿੱਖ ਧਰਮ ਵਿੱਚ ਵਿਸ਼ੇਸ਼ ਮਹੱਤਤਾ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਲਵੰਡੀ ਸਾਬੋ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਸਥਿਤ ਹਨ। ਸਿੱਖ ਧਰਮ ਦੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਹਨ। ਇਸੇ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਇਨ੍ਹਾਂ ਸਥਾਨਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਦਾ ਫੈਸਲਾ ਕੀਤਾ।
ਇਸ ਸਬੰਧੀ ਮਤਾ 24 ਨਵੰਬਰ 2025 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਇੱਕ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤਾ ਗਿਆ ਸੀ। ਇਹ ਸੈਸ਼ਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ। ਇਸ ਤੋਂ ਬਾਅਦ ਸਰਕਾਰ ਨੇ ਰਸਮੀ ਨੋਟੀਫਿਕੇਸ਼ਨ ਜਾਰੀ ਕਰਕੇ ਫੈਸਲੇ ਨੂੰ ਅਧਿਕਾਰਤ ਰੂਪ ਦਿੱਤਾ।
ਧਾਰਮਿਕ ਸੈਰ–ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਯੋਜਨਾ
ਪੰਜਾਬ ਸਰਕਾਰ ਵਲੋਂ ਇਨ੍ਹਾਂ ਸ਼ਹਿਰਾਂ ਦੇ ਵਿਕਾਸ, ਸਫ਼ਾਈ, ਸੁਰੱਖਿਆ ਅਤੇ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ। ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸਹੂਲਤ ਲਈ ਈ-ਰਿਕਸ਼ਾ, ਮਿੰਨੀ ਬੱਸਾਂ, ਸ਼ਟਲ ਬੱਸਾਂ ਅਤੇ ਹੋਰ ਜਨਤਕ ਆਵਾਜਾਈ ਦੀਆਂ ਸਹੂਲਤਾਂ ਵੀ ਮੁਹਈਆ ਕਰਵਾਈਆਂ ਗਈਆਂ ਹਨ। ਇਸ ਦਾ ਮਕਸਦ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣਾ ਹੈ।
Read More:
ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

